•ਨਵ -ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਤਾ -ਪਿਤਾ ਨੂੰ ਕੀਤਾ ਗਿਆ ਸਨਮਾਨਤ

•ਲੋਕਾਂ ਨੂੰ ਧੀਆਂ /ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਆ
ਫ਼ਰੀਦਕੋਟ ,23ਜਨਵਰੀ -(ਬਲਰਾਜ ਸਿੱਧੂ)
ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਸਮਾਜ ਵਿੱਚ ਬਰਾਬਰ ਦਾ ਸਥਾਨ ਦੇਣ ,ਉਨ੍ਹਾਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਨ ਅਤੇ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਜਨਮ ਦਰ ਬਰਾਬਰ ਕਰਨ ਦੇ ਮਨੋਰਥ ਨਾਲ ਪਿਛਲੇ ਸਮੇਂ ਤੋਂ ਚਲਾਈ ਜਾ ਰਹੀ ਬੇਟੀ ਬਚਾਓ ,ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵਜੰਮੀਆਂ ਬੱਚੀਆਂ ਅਤੇ ਉਨ੍ਹਾ ਦੇ ਮਾਪਿਆਂ ਨੂੰ ਮਾਣ ਸਤਿਕਾਰ ਦੇਣ ਲਈ ਕੋਟਕਪੂਰਾ ਬਲਾਕ ਦੇ ਪਿੰਡ ਭੈਰੋਂ ਭੱਟੀ ਵਿਖੇ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਉਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ।ਜਿਸ ਵਿੱਚ ਪਿੰਡ ਦੀ ਪੰਚਾਇਤ ਤੋਂ ਇਲਾਵਾ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ।
ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਕਰਨ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਜੀ ਦੀ ਯੋਗ ਅਗਵਾਈ ਹੇਠ ਪੂਰੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨੂੰ ਸਫ਼ਲਤਾ ਨਾਲ ਜਾਰੀ ਰੱਖਿਆ ਗਿਆ ਹੈ ਤੇ ਇਸ ਸਬੰਧੀ ਵੱਖ ਵੱਖ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਬੱਚੀਆਂ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਨਵਜੰਮੀਆਂ ਬੱਚੀਆਂ ਦੀ ਹਰੇਕ ਪਿੰਡ ਵਿੱਚ ਲੋਹੜੀ ਮਨਾਈ ਜਾਵੇਗੀ ਅਤੇ ਇਸ ਤੋਂ ਇਲਾਵਾ ਨਵ ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਜਾਵੇਗਾ ।
ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਪਿੰਡ ਭੈਰੋ ਭੱਟੀ ਵਿਖੇ ਨਵਜੰਮੀਆਂ ਦਸ ਦੇ ਕਰੀਬ ਬੱਚੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਸਨਮਾਨਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨ ਦੇ ਤੌਰ ਤੇ ਬੇਬੀ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਲੜਕੀਆਂ /ਔਰਤਾਂ ਲੜਕਿਆਂ ਅਤੇ ਮਰਦਾਂ ਦੇ ਮੁਕਾਬਲੇ ਹਰ ਖੇਤਰ ਵਿੱਚ ਬਰਾਬਰ ਦਾ ਯੋਗਦਾਨ ਪਾ ਰਹੀਆਂ ਹਨ ਅਤੇ ਖੇਡਾਂ ਸਿੱਖਿਆ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਲੜਕੀਆਂ ਨੇ ਸਨਮਾਨਯੋਗ ਪ੍ਰਾਪਤੀਆਂ ਕੀਤੀਆਂ ਹਨ ਜੋ ਸਾਡੇ ਪੰਜਾਬੀਆਂ ਅਤੇ ਦੇਸ਼ ਲਈ ਫਖ਼ਰ ਦੀ ਗੱਲ ਹੈ ।ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਧੀਆਂ ਦਾ ਸਤਿਕਾਰ ਕਰੀਏ ਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਬਰਾਬਰ ਦਾ ਮਾਣ ਸਤਿਕਾਰ ਦੇਈਏ ਤਾਂ ਜੋ ਔਰਤਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਦਾ ਮੌਕਾ ਮਿਲੇ ।ਇਸ ਮੌਕੇ ਧੀਆਂ ਦੀ ਲੋਹੜੀ ਵੀ ਬਾਲੀ ਗਈ ਅਤੇ ਸਮੂਹ ਹਾਜ਼ਰੀਨ ਨੂੰ ਮੂੰਗਫਲੀ ,ਰਿਓੜੀਆਂ ਅਤੇ ਮਠਿਆਈਆਂ ਦੀ ਵੰਡ ਕੀਤੀ ਗਈ।
0 Comments