ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਆਪਣਾ ਕਾਰਡ 28 ਫਰਵਰੀ ਤੋਂ ਪਹਿਲਾਂ ਜ਼ਰੂਰ ਬਣਵਾਉਣ
ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਬਣਵਾਏ ਜਾ ਸਕਦੇ ਹਨ ਕਾਰਡ
ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਫਾਜ਼ਿਲਕਾ, 19 ਫਰਵਰੀ ( ਬਲਰਾਜ ਸਿੱਧੂ )
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਦੇ ਸਮੂਹ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾਣ ਦੀ ਪ੍ਰਕਿਰਿਆ ਨੂੰ 28 ਫਰਵਰੀ 2021 ਤੱਕ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਦੌਰਾਨ ਉਨਾਂ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਉਨਾਂ ਸਾਰੇ ਯੋਗ ਲਾਭਤਾਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾਵੇ, ਜਿਨਾਂ ਨੇ ਹਾਲੇ ਤੱਕ ਇਸ ਸਕੀਮ ਦੇ ਲਾਭ ਹਿੱਤ ਕਾਰਡ ਨਹੀਂ ਬਣਵਾਏ।
ਉਨਾਂ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਉਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਕਾਰਡ ਬਣਵਾਉਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ‘ਜੇ’ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਇਹ ਕਾਰਡ ਬਣਵਾ ਸਕਦੇ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਹੁਣ ਇਹ ਸੇਵਾ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਥੋਂ ਇਸ ਯੋਜਨਾ ਦੇ ਲਾਭਪਾਤਰੀ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਸਾਰੇ ਅਜਿਹੇ ਲਾਭਤਾਰੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਅਜੇ ਕਾਰਡ ਨਹੀਂ ਬਣਵਾਏ, ਉਹ ਬਿਨਾਂ ਦੇਰੀ ਤੋਂ ਇਹ ਕਾਰਡ ਬਣਵਾ ਲੈਣ। ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਸਕੇਗਾ।
ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਜਲਦ ਤੋਂ ਜਲਦ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਰੋਜ਼ਾਨਾ ਆਧਾਰ ’ਤੇ ਸਮੀਖਿਆ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਤੇ ਸ. ਸੂਬਾ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
0 Comments