Breaking News
Loading...

ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਖਰਚੇ ਜਾ ਰਹੇ ਨੇ 12.42 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ




*ਕੈਬਨਿਟ ਮੰਤਰੀ ਨੇ ਅੰਦਾਨਾ ਤੇ ਮਕਰੌੜ ਸਾਹਿਬ
ਵਿਖੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ


ਮੂਨਕ, 23 ਮਾਰਚ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅੰਦਾਨਾ ਅਤੇ ਮਕਰੌੜ ਸਾਹਿਬ
ਵਿਖੇ ਨੀਂਹ ਪੱਥਰ ਰੱਖਣ ਮੌਕੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 01.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 06.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 04.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾਵੇਗਾ। ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਦੇ ਤਹਿਤ ਕੁੱਲ ਕਰੀਬ 42 ਕਿਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਅਤੇ ਉੱਚਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਕਰੀਬ 04 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਦਾ ਹੀ ਨਤੀਜਾ ਸੀ ਕਿ ਸਾਲ 2025 ਦੌਰਾਨ ਆਏ ਭਾਰੀ ਹੜ੍ਹਾਂ ਸਮੇਂ, ਜਦੋਂ ਘੱਗਰ ਦਰਿਆ ਲਗਾਤਾਰ ਕਰੀਬ 10 ਦਿਨ ਤੱਕ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਗਦਾ ਰਿਹਾ, ਤਦ ਵੀ ਇਲਾਕੇ ਦੇ ਵਸਨੀਕਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕਿਆ।

ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਸੁਰੱਖਿਅਤ ਰੱਖਣਾ ਅਤੇ ਕਿਸਾਨਾਂ ਦੀ ਫ਼ਸਲਾਂ ਦੀ ਰੱਖਿਆ ਕਰਨੀ ਹੈ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਨਾਲ ਨਾ ਸਿਰਫ਼ ਹੜ੍ਹਾਂ ਦੇ ਖਤਰੇ ਨੂੰ ਘਟਾਇਆ ਜਾਵੇਗਾ, ਸਗੋਂ ਇਲਾਕੇ ਵਿੱਚ ਖੇਤੀਬਾੜੀ ਨੂੰ ਵੀ ਮਜ਼ਬੂਤੀ ਮਿਲੇਗੀ।

ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਵੇਗੀ ਅਤੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਰਹੇਗੀ। ਇਸ ਮੌਕੇ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ, ਆਪ ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Post a Comment

0 Comments